ਹੁਸ਼ਿਆਰਪੁਰ, 01 ਅਗਸਤ (ਰਾਜਪੂਤ )- ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਮਹਾਰਾਣਾ ਪ੍ਰਤਾਪ ਭਵਨ ਵਿਖੇ ਪੌਦੇ ਲਗਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ-ਭਰਿਆ ਬਣਾਉਣ ਲਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਸੂਬੇ ਵਿਚ ਵੱਡੇ ਪੱਧਰ ’ਤੇ ਪੌਦੇ ਲਗਾਏ ਜਾ ਰਹੇ ਹਨ। ਰਾਜਪੂਤ ਸਭਾ ਹੁਸ਼ਿਆਰਪੁਰ ਵਲੋਂ ਮਹਾਰਾਣਾ ਪ੍ਰਤਾਪ ਭਵਨ ਵਿਖੇ ਅੱਜ ਆਯੋਜਿਤ ਪੌਦੇ ਲਗਾਉਣ ਅਤੇ ਪੌਦਿਆਂ ਦੀ ਵੰਡ ਸਬੰਧੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਵੱਖ-ਵੱਖ ਸੰਗਠਨਾਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿਚ ਜ਼ਿਲ੍ਹੇ ਵਿਚ ਪੌਦੇ ਲਗਾਉਣ ਦੀ ਇਸ ਕੜੀ ਨੂੰ ਹੋਰ ਵਧਾਇਆ ਜਾਵੇਗਾ। ਉਨ੍ਹਾਂ ਇਸ ਦੌਰਾਨ ਲੋਕਾਂ ਨੂੰ ਪੌਦੇ ਵੰਡਦੇ ਹੋਏ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਇਨ੍ਹਾਂ ਦੀ ਸਹੀ ਦੇਖਭਾਲ ਕਰਨ ਦੀ ਵੀ ਅਪੀਲ ਕੀਤੀ। ਇਸ ਦੌਰਾਨ ਜਿਥੇ ਪੌਦਿਆਂ ਪ੍ਰਤੀ ਲੋਕਾਂ ਨੂੰ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ, ਉਥੇ ਵਾਤਾਵਰਣ ਦੀ ਸੰਭਾਲ ਦਾ ਪ੍ਰਣ ਵੀ ਲਿਆ ਗਿਆ। ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਾਰਿਆਂ ਨੂੰ ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ, ਤਾਂ ਹੀ ਵਾਤਾਵਰਣ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦਾ ਸੰਤੁਲਨ ਲਗਾਤਾਰ ਖਰਾਬ ਹੁੰਦਾ ਜਾ ਰਿਹਾ ਹੈ, ਜਿਸ ਲਈ ਠੋਸ ਕਦਮ ਚੁੱਕਣ ਦੀ ਜ਼ਰੂਰਤ ਹੈ, ਜਿਸ ਵਿਚ ਸਭ ਤੋਂ ਪਹਿਲਾਂ ਪੌਦੇ ਲਗਾਉਣਾ ਹੀ ਹੈ ਕਿਉਂਕਿ ਪੌਦੇ ਆਕਸੀਜਨ ਦਿੰਦੇ ਹਨ ਅਤੇ ਉਸ ਨਾਲ ਵਾਤਾਵਰਣ ਸੰਤੁਲਤ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੋਦੇ ਲਗਾਉਣ ਨਾਲ ਉਨ੍ਹਾਂ ਨੂੰ ਸੁਰੱਖਿਅਤ ਰੱਖਣਾ ਵੀ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿਚ ਪੌਦੇ ਲਗਾਉਣ ਦੀ ਇਸ ਮੁਹਿੰਮ ਦਾ ਉਦੇਸ਼ ਜਿਥੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ, ਉਥੇ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਵੀ ਕਰਨਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਤਨ-ਮਨ ਨਾਲ ਯਤਨ ਕਰਨ ਦੀ ਜ਼ਰੂਰਤ ਹੈ, ਜਿਸ ਨਾਲ ਆਉਣ ਵਾਲੀ ਪੀੜ੍ਹੀ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਦੇ ਸਕਾਂਗੇ।
ਇਸ ਮੌਕੇ ਰਾਜਪੂਤ ਸਭਾ ਦੇ ਪ੍ਰਧਾਨ ਗੁਰਬਖਸ਼ ਠਾਕੁਰ, ਚੇਅਰਮੈਨ ਮਾਸਟਰ ਜਸਵੀਰ ਕੰਵਰ, ਸੀਨੀਅਰ ਮੀਤ ਪ੍ਰਧਾਨ ਮਾਸਟਰ ਜਸਵੀਰ ਸਿੰਘ ਪਰਮਾਰ, ਐਡਵੋਕੇਟ ਸ਼ਮਸ਼ੇਰ ਸਿੰਘ ਪਰਮਾਰ, ਕੈਪਟਨ ਸੁਭਾਸ਼ ਡਡਵਾਲ, ਮੀਰ ਸਿੰਘ ਠਾਕੁਰ, ਅਜੇ ਰਾਣਾ, ਕੁਲਦੀਪ ਸਿੰਘ ਠਾਕੁਰ, ਡੀ.ਐਸ. ਕੰਵਰ, ਮਨੂ ਠਾਕੁਰ, ਐਮ.ਐਸ. ਰਾਠੌਰ, ਅਨਿਲ ਠਾਕੁਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।