ਨਾਜ਼ਾਇਜ਼ ਕਬਜ਼ੇ ਨਹੀਂ ਕੀਤੇ ਜਾਣਗੇ ਬਰਦਾਸ਼ਤ, ਸੜਕਾਂ ਦੇ ਕਿਨਾਰਿਆਂ ਨੂੰ ਗਰੀਨ ਬੈਲਟ ’ਚ ਕੀਤਾ ਜਾਵੇਗਾ ਤਬਦੀਲ
ਹੁਸ਼ਿਆਰਪੁਰ, 06 ਅਗਸਤ (ਜਨਸੰਦੇਸ਼ ਨਿਊਜ਼)- ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਲੋਕਾਂ ਦੇ ਸਹਿਯੋਗ ਨਾਲ ਸਭ ਤੋਂ ਸਾਫ਼ ਤੇ ਸੁੰਦਰ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਨਗਰ ਨਿਗਮ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਹ ਅੱਜ ਪ੍ਰਭਾਤ ਚੌਕ ਤੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਨਗਰ ਨਿਗਮ ਵਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵਲੋਂ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਤੇ ਵਾਤਾਵਰਣ ਦੀ ਸੰਭਾਲ ਲਈ ਪੂਰੇ ਸੂਬੇ ਵਿਚ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਸਦਕਾ ਜ਼ਿਲ੍ਹੇ ਵਿਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਜੰਗੀ ਪੱਧਰ ’ਤੇ ਜਾਗਰੂਕਤਾ ਮੁਹਿੰਮ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਨਗਰ ਨਿਗਮ ਵਲੋਂ ਸ਼ਹਿਰ ਵਿਚ ਹਰ ਹਫ਼ਤੇ ਦੋ ਤੋਂ ਤਿੰਨ ਮੁੱਖ ਸੜਕਾਂ ਨੂੰ ਸਾਫ਼ ਕਰਨ ਦਾ ਬੀੜਾ ਵੀ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਤੇ ਸੁੰਦਰ ਬਣਾਉਣਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ, ਇਸ ਲਈ ਆਪਣੇ ਆਸ-ਪਾਸ ਸਫ਼ਾਈ ਬਣਾ ਕੇ ਇਸ ਮੁਹਿੰਮ ਵਿਚ ਆਪਣਾ ਸਹਿਯੋਗ ਦਿੱਤਾ ਜਾਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਕਿਨਾਰਿਆਂ ਨੂੰ ਗਰੀਨ ਬੈਲਟ ਵਿਚ ਤਬਦੀਲ ਕੀਤਾ ਜਾਵੇਗਾ, ਜਿਸ ਵਿਚ ਨਗਰ ਨਿਗਮ ਆਪਣੀ ਪੂਰੀ ਜ਼ਿੰਮੇਵਾਰੀ ਨਿਭਾਵੇਗਾ, ਪਰ ਸ਼ਹਿਰ ਵਾਸੀਆਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਕਈ ਥਾਵਾਂ ’ਤੇ ਨਜਾਇਜ਼ ਕਬਜ਼ੇ ਕੀਤੇ ਗਏ ਹਨ। ਇਸ ਲਈ ਸ਼ਹਿਰ ਵਾਸੀ ਜਾਗਰੂਕ ਨਾਗਰਿਕ ਹੋਣ ਦਾ ਸਬੂਤ ਦੇ ਕੇ ਖੁਦ ਕਬਜ਼ੇ ਹਟਾਉਣ ਵਿਚ ਪਹਿਲ ਕਰਨ, ਤਾਂ ਜੋ ਨਗਰ ਨਿਗਮ ਨੁੰ ਕੋਈ ਸਖਤ ਕਾਰਵਾਈ ਨਾ ਕਰਨੀ ਪਵੇ। ਉਨ੍ਹਾਂ ਕਿਹਾ ਕਿ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਸਾਫ-ਸੁਥਰਾ ਵਾਤਾਵਰਣ ਦੇਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ, ਜਿਸ ਲਈ ਸਖਤ ਕਦਮ ਚੁੱਕਣੇ ਬਹੁਤ ਜਰੂਰੀ ਹਨ।
ਇਸ ਮੌਕੇ ਨਗਰ ਨਿਗਮ ਫਾਈਨਾਂਸ ਕਮੇਟੀ ਦੇ ਚੇਅਰਮੈਨ ਸ੍ਰੀ ਬਲਵਿੰਦਰ ਬਿੰਦੀ, ਸਹਾਇਕ ਕਮਿਸ਼ਨਰ ਸ੍ਰੀ ਸੰਦੀਪ ਤਿਵਾੜੀ, ਵੱਖ-ਵੱਖ ਵਾਰਡਾਂ ਦੇ ਕੌਂਸਲਰ, ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਸ੍ਰੀ ਦਲੀਪ ਓਹਰੀ, ਜ਼ਿਲ੍ਹਾ ਸਕੱਤਰ ਸ੍ਰੀ ਜਸਪਾਲ ਸਿੰਘ ਚੇਚੀ, ਸ੍ਰੀ ਸਤਵੰਤ ਸਿੰਘ ਸਿਆਣ, ਸ੍ਰੀ ਵਰਿੰਦਰ ਵੈਦ, ਸ੍ਰੀ ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।