ਹੁਸ਼ਿਆਰਪੁਰ, 02 ਸਤੰਬਰ (ਜਨ ਸੰਦੇਸ਼ ਨਿਊਜ਼)- ਆਰਥਿਕ ਪੱਧਰ ਉੱਚਾ ਚੁੱਕਣ ਲਈ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਿਸਾਨਾਂ ਵਲੋਂ ਲਾਭ ਲਿਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਦੱਸਿਆ ਕਿ ਇਸ ਸਕੀਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 11 ਕਿਸ਼ਤਾਂ ਸਫਲਤਾਪੂਰਵਕ ਜਮ੍ਹਾਂ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਸਕੀਮ ਦੇ ਲਾਭਪਾਤਰੀਆਂ ਲਈ ਆਪਣੀ ਈ-ਕੇ.ਵਾਈ.ਸੀ ਕਰਵਾਉਣੀ ਲਾਜ਼ਮੀ ਹੈ, ਜੋ ਕਿ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਕਰਵਾਈ ਜਾ ਸਕਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਲਾਭ ਲੈਣ ਵਾਲੇ ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ ਨਿਸ਼ਚਿਤ ਕਰਵਾਉਣ ਦੀ ਮਿਤੀ 7 ਸਤੰਬਰ 2022 ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਿਤੀ ਤੱਕ ਆਪਣਾ ਈ-ਕੇ.ਵਾਈ.ਸੀ ਜ਼ਰੂਰ ਕਰਵਾ ਲੈਣ, ਅਜਿਹਾ ਨਾ ਕਰਨ ਦੀ ਸੂਰਤ ਵਿੱਚ ਇਸ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ ਰੋਕ ਦਿੱਤੀ ਜਾਵੇਗੀ।