ਹੁਸ਼ਿਆਰਪੁਰ, 17 ਅਕਤੂਬਰ (ਇੰਦਰਜੀਤ ਸਿੰਘ ਹੀਰਾ)- ਅੱਜ ਹੁਸ਼ਿਆਰਪੁਰ ਵਿਖੇ ਆਲ ਇੰਡੀਆ ਅੱਤਿਆਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਚੰਦਨ ਲੱਕੀ ਅਤੇ ਸ੍ਰੀ ਗੁਰੂ ਰਵਿਦਾਸ ਫੋਰਸ ਦੇ ਆਗੂ ਹਰਵਿੰਦਰ ਹੀਰਾ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਜਾਗ੍ਰਿਤੀ ਯਾਤਰਾ ਕੱਢਣ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਚੰਦਨ ਲੱਕੀ ਅਤੇ ਹਰਵਿੰਦਰ ਹੀਰਾ ਜੀ ਨੇ ਸਾਂਝੇ ਤੌਰ ਤੇ ਦੱਸਿਆ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਤੇ ਹੁਸ਼ਿਆਰਪੁਰ ਵਿਖੇ ਇਕ ਵਿਸ਼ਾਲ ਜਾਗ੍ਰਿਤੀ ਯਾਤਰਾ ਕੱਢੀ ਜਾਵੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਜੀ ਵੱਲੋਂ ਸੰਵਿਧਾਨ ਲਾਗੂ ਕਰਵਾ ਕੇ ਦੇਸ਼ ਵਾਸੀਆਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਜਾਗਰੂਕ ਕੀਤਾ ਗਿਆ। ਜਿਸ ਨਾਲ ਅੱਜ ਅਸੀਂ ਆਪਣੇ ਹੱਕਾਂ ਵਾਸਤੇ ਸੰਘਰਸ਼ ਕਰਨ ਲਈ ਤਿਆਰ ਹੋਏ ਹਾਂ ਅਤੇ ਗੁਰੂ ਰਵਿਦਾਸ ਫੋਰਸ ਹਰ ਸਮੇਂ ਉਨ੍ਹਾਂ ਦੇ ਦੱਸੇ ਹੋਏ ਸੱਚੇ ਅਤੇ ਨੇਕ ਰਸਤੇ ਤੇ ਚੱਲਣ ਲਈ ਦੇਸ਼ ਵਾਸੀਆਂ ਨੂੰ ਜਾਗਰੂਕ ਕਰਦੀ ਰਹੇਗੀ।
ਇਸ ਮੌਕੇ ਉਨ੍ਹਾਂ ਵੱਲੋਂ ਹੁਸ਼ਿਆਰਪੁਰ ਦੇ ਇਲਾਕਾ ਨਿਵਾਸੀਆਂ ਨੂੰ ਇਸ ਵਿਸ਼ਾਲ ਜਾਗ੍ਰਿਤੀ ਯਾਤਰਾ ਵਿੱਚ ਹੁੰਮ-ਹੁੰਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਤਾਂ ਜੋ ਅਸੀਂ ਡਾ. ਭੀਮ ਰਾਓ ਸਾਹਿਬ ਅੰਬੇਦਕਰ ਦੀ ਦਿੱਤੀ ਹੋਈ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖ ਸਕੀਏ।