ਹੁਸ਼ਿਆਰਪੁਰ, 30 ਅਕਤੂਬਰ (ਜਨਸੰਦੇਸ਼ ਨਿਓੂਜ਼): ਹੁਸ਼ਿਆਰਪੁਰ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ 3 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 309060 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 308999 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਬਦਲੇ ਹੁਣ ਤੱਕ ਕਿਸਾਨਾਂ ਨੂੰ 568.08 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੇਂਦਰਾਂ ਵਿਚ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਹੁਣ ਤੱਕ 91 ਫੀਸਦੀ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵਲੋਂ 103957 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਇਸੇ ਤਰ੍ਹਾਂ ਮਾਰਕਫੈਡ ਵਲੋਂ 73156, ਪਨਸਪ ਵਲੋਂ 51650, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 39616, ਐਫ.ਸੀ.ਆਈ. ਵਲੋਂ 38011 ਅਤੇ ਵਪਾਰੀਆਂ ਵਲੋਂ 2609 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਖਰੀਦੀ ਗਈ ਜਿਣਸ ਦੀ ਅਦਾਇਗੀ ਨਾਲੋ-ਨਾਲ ਕਰਨ ਦੀਆਂ ਹਦਾਇਤਾਂ ਨੂੰ ਖਰੀਦ ਏਜੰਸੀਆਂ ਵਲੋਂ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਸਲ ਦੀ ਲਿਫਟਿੰਗ ਉਪਰ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਵੀ ਨਾਲੋ-ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

