ਹੁਸ਼ਿਆਰਪੁਰ, 21 ਮਈ (ਜਨ ਸੰਦੇਸ਼ ਨਿਊਜ਼)- ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਚਾਹੇ ਨਗਰ ਨਿਗਮ ਹੋਵੇ ਜਾਂ ਨਗਰ ਸੁਧਾਰ ਟਰੱਸਟ, ਹਰ ਖੇਤਰ ਵਿਚ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦਾ ਸਰਵਪੱਖੀ ਵਿਕਾਸ ਕਰਨਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਇਸ ਦਿਸ਼ਾ ਵਿਚ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ।
ਉਹ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੀ ਸਕੀਮ ਨੰਬਰ 2 (ਰਾਜੀਵ ਗਾਂਧੀ ਐਵੀਨਿਊ) ਵਿਚ ਨਵੀਂ ਸੜਕ ਬਣਾਉਣ ਦੇ ਕਾਰਜ ਦਾ ਉਦਘਾਟਨ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਹਰਮੀਤ ਸਿੰਘ ਔਲਖ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕਾਰਜਕਾਰੀ ਅਫ਼ਸਰ ਨਗਰ ਸੁਧਾਰ ਟਰੱਸਟ ਸੁਰਿੰਦਰ ਕੁਮਾਰ, ਸਹਾਇਕ ਟਰੱਸਟ ਇੰਜੀਨੀਅਰ ਮਨਦੀਪ ਆਦੀਆ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਸਾਰੇ ਪੈਂਡਿੰਗ ਵਿਕਾਸ ਕਾਰਜ ਜਲਦ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਵਲ ਇਕ ਸਾਲ ਵਿਚ ਸਰਕਾਰ ਨੇ ਸੂਬੇ ਵਿਚ ਵਿਕਾਸ ਦੀ ਜੋ ਰਫ਼ਤਾਰ ਫੜੀ ਹੈ, ਉਸਦੇ ਕਾਰਨ ਲੋਕਾਂ ਦਾ ਇਸ ਸਰਕਾਰ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸੜਕ ਨਿਰਮਾਣ ਕਾਰਜ ਵਿਚ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕਾਰਜ ਦੀ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਾ ਕੀਤਾ ਜਾਵੇ। ਇਸ ਮੌਕੇ ਨਗਰ ਨਿਗਮ ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਚੰਦਨ ਲੱਕੀ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਵੀ ਮੌਜੂਦ ਸਨ।