ਹੁਸ਼ਿਆਰਪੁਰ, 18 ਜਨਵਰੀ (ਜਨ ਸੰਦੇਸ਼ ਨਿਊਜ਼)- ਗਣਤੰਤਰ ਦਿਵਸ ਦੀਆਂ ਝਾਕੀਆਂ ਦੀ ਤਿਆਰੀ ਸਬੰਧੀ ਅੱਜ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਵਿਭਾਗਾਂ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਲੈ ਕੇ ਕੱਢੀਆਂ ਜਾਣ ਵਾਲੀਆਂ ਝਾਕੀਆਂ ਦੀ ਤਿਆਰੀ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਝਾਕੀਆਂ ਮਨਮੋਹਣੀਆਂ ਹੋਣ ਅਤੇ ਇਸ ਢੰਗ ਨਾਲ ਤਿਆਰ ਕੀਤੀਆਂ ਗਈਆਂ ਹੋਣ ਕਿ ਉਨ੍ਹਾਂ ਨੂੰ ਦੇਖਦੇ ਹੀ ਸਬੰਧਤ ਵਿਭਾਗ ਦੀਆਂ ਲੋਕ ਹਿਤੈਸ਼ੀ ਨੀਤੀਆਂ ਬਾਰੇ ਸਪੱਸ਼ਟ ਰੂਪ ਵਿਚ ਸਮਝਿਆ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ’ਤੇ 7 ਵਿਭਾਗਾਂ ਵਲੋਂ ਝਾਕੀਆਂ ਕੱਢੀਆਂ ਜਾਣਗੀਆਂ, ਜਿਨ੍ਹਾਂ ਵਿਚ ਸਿਹਤ ਵਿਭਾਗ ਵਲੋਂ ਆਮ ਆਦਮੀ ਕਲੀਨਿਕ, ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨਾ ਸਾੜਨ ਸਬੰਧੀ ਜਾਰਗੂਕਤਾ ਨੂੰ ਦਰਸਾਉਂਦੀ, ਨਗਰ ਨਿਗਮ ਵਲੋਂ ਸਵੱਛ ਭਾਰਤ ਅਭਿਆਨ, ਭੂਮੀ ਤੇ ਜਲ ਸੁਰੱਖਿਆ ਵਿਭਾਗ ਵਲੋਂ ਮਾਈਕ੍ਰੋ ਇਰੀਗੇਸ਼ਨ ਤੋਂ ਇਲਾਵਾ ਸਕੂਲ ਸਿੱਖਿਆ ਵਿਭਾਗ, ਵਣ ਵਿਭਾਗ ਅਤੇ ਰੋਜ਼ਗਾਰ ਵਿਭਾਗ ਦੀਆਂ ਵੱਖ-ਵੱਖ ਜਾਗਰੂਕਤਾ ਝਾਕੀਆਂ ਸ਼ਾਮਿਲ ਹਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝਾਕੀਆਂ ਨੂੰ ਆਕਰਸ਼ਕ ਬਣਾਉਣ ਵਿਚ ਕੋਈ ਕਮੀ ਨਾਲ ਛੱਡਣ ਅਤੇ ਸਮੇਂ ਸਿਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ।
ਦਰਬਾਰਾ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਵਿਚ ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਭਾਗਾਂ ਦੀ ਕਾਰਗੁਜ਼ਾਰੀ ਨੂੰ ਦਰਸਾਉਂਦੀਆਂ ਹਨ। ਇਸ ਲਈ ਝਾਕੀਆਂ ਵਿਚ ਵਿਭਾਗਾਂ ਦੇ ਪ੍ਰੋਗਰਾਮ ਸਬੰਧੀ ਸੰਦੇਸ਼ ਸਪੱਸ਼ਟ ਹੋਣੇ ਚਾਹੀਦੇ ਹਨ। ਇਸ ਮੌਕੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਐਕਸੀਅਨ ਕੁਲਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ, ਡਾ. ਕਿਰਨਦੀਪ ਸਿੰਘ, ਜ਼ਿਲਾ੍ਹ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ, ਸਿਹਤ ਵਿਭਾਗ ਤੋਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪ੍ਰਸ਼ੋਤਮ ਲਾਲ, ਡਿਪਟੀ ਮਾਸ ਮੀਡੀਆ ਅਫ਼ਸਰ ਤ੍ਰਿਪਤਾ ਦੇਵੀ, ਰਮਨਦੀਪ ਕੌਰ, ਸਕੂਲ ਸਿੱਖਿਆ ਵਿਭਾਗ ਤੋਂ ਪ੍ਰਿੰਸੀਪਲ ਲਲਿਤਾ ਅਰੋੜਾ, ਦਲਜੀਤ ਸਿੰਘ, ਭੂਸ਼ਨ ਕੁਮਾਰ ਸ਼ਰਮਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।