ਹੁਸ਼ਿਆਰਪੁਰ, 15 ਜੁਲਾਈ (ਰਾਜਪੂਤ)- ਅੱਜ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ਕਰਵਾਈਆਂ ਜਾ ਰਹੀਆਂ ਵਿਸ਼ੇਸ਼ ਗਤੀਵਿਧੀਆਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਜਨਤਾ ਤੱਕ ਪਹੁੰਚਾਉਣੀਆਂ ਯਕੀਨੀ ਬਣਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਮਨਾਉਣ ਦਾ ਮੁੱਖ ਉਦੇਸ਼ ਹੀ ਵੱਖ-ਵੱਖ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਇਸ ਸਬੰਧੀ ਗੰਭੀਰਤਾ ਦਿਖਾਉਂਦੇ ਹੋਏ ਗਤੀਵਿਧੀਆਂ ਵਿਚ ਹੋਰ ਤੇਜ਼ੀ ਲਿਆਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ ਅਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ‘ਹਰ ਘਰ ਤਿਰੰਗਾ’ ਪ੍ਰੋਗਰਾਮ ਵੀ ਉਲੀਕਿਆ ਜਾ ਰਿਹਾ ਹੈ, ਇਸ ਲਈ ਸਬੰਧਤ ਅਧਿਕਾਰੀ ਇਸ ਸਬੰਧੀ ਰੂਪ-ਰੇਖਾ ਸਮੇਂ-ਸਿਰ ਤਿਆਰ ਕਰਨਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਧ ਤੋਂ ਵੱਧ ਪੌਦੇ ਵੀ ਲਗਾਏ ਜਾਣ, ਤਾਂ ਜੋ ਵਾਤਾਵਰਣ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਭਾਰੀ ਗਿਣਤੀ ਵਿਚ ਬੂਟੇ ਲਗਾਉਣੇ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਤੋਂ ਇਲਾਵਾ ਪੌਦਿਆਂ ਦੀ ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ।
ਸ੍ਰੀ ਸੰਦੀਪ ਹੰਸ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ‘ਭਾਸ਼ਾ ਸਿੱਖੋ’ ਪ੍ਰੋਗਰਾਮ ਵੀ ਜਲਦੀ ਉਲੀਕਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਪੰਜਾਬੀ ਅਤੇ ਤੇਲਗੂ ਭਾਸ਼ਾ ਦਾ ਆਦਾਨ-ਪ੍ਰਦਾਨ ਕਰਨ ਲਈ ਅਧਿਆਪਕਾਂ ਦੀ ਚੋਣ ਕੀਤੀ ਜਾਵੇ, ਜੋ 100 ਸ਼ਬਦ ਤੇਲਗੂ ਅਤੇ 100 ਸ਼ਬਦ ਪੰਜਾਬੀ ਭਾਸ਼ਾ ਦੇ ਸਿਖਾਉਣਗੇ। ਉਨ੍ਹਾਂ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ਨਗਰ ਨਿਗਮ ਵਲੋਂ ਵੱਖ-ਵੱਖ ਚੌਕ ਵੀ ਸਜਾਏ ਜਾਣਗੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਡਿਊਲ ਮੁਤਾਬਕ ਗਤੀਵਿਧੀਆਂ ਯਕੀਨੀ ਬਣਾਈਆਂ ਜਾਣ ਅਤੇ ਆਮ ਜਨਤਾ ਦੀ ਭਾਗੀਦਾਰੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜਿਥੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਕਿਹਾ, ਉਥੇ ‘ਮੇਰਾ ਗਾਓਂ, ਮੇਰੀ ਧਰੋਹਰ’ ਤਹਿਤ ਵੀ ਗਤੀਵਿਧੀਆਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।